ਇਸ ਮੀਟਿੰਗ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਵਿੱਤ ਸਕੱਤਰ ਹਰਮੇਸ਼ ਮਾਲੜੀ ਦੇ ਨਾਲ ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾ ਤੇ ਜਨਕ ਸਿੰਘ ਭੁਟਾਲ ਵੀ ਹਿੱਸਾ ਲੈਣ ਆਏ।
ਚੰਡੀਗੜ੍ਹ ਵਿੱਚ ਖੇਤੀ ਨੀਤੀ ਮੋਰਚੇ 'ਤੇ ਬੈਠੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ 10 ਮੈਂਬਰੀ ਵਫਦ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਉੱਚ ਅਧਿਕਾਰੀ ਵੀ ਸ਼ਾਮਲ ਸਨ। ਕਈ ਘੰਟਿਆਂ ਤੱਕ ਚੱਲੀ ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਦੀਆਂ ਮੰਗਾਂ ਅਤੇ ਮੁਦਿਆਂ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ ਗਈ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਲਗਭਗ 1600 ਪੰਨਿਆਂ ਦਾ ਖਰੜਾ 30 ਸਤੰਬਰ ਤੱਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ ਸੌਂਪਣ ਦੀ ਵਾਅਦਾ ਕੀਤੀ। ਇਸਦੇ ਨਾਲ, ਸਰਕਾਰ ਨੇ ਦੋਹਾਂ ਜਥੇਬੰਦੀਆਂ ਨੂੰ ਮੋੜਵੇਂ ਸੁਝਾਅ ਦੇਣ ਲਈ ਦੋ ਹਫ਼ਤਿਆਂ ਬਾਅਦ ਮੁੜ ਮੀਟਿੰਗ ਕਰਨ ਦਾ ਭਰੋਸਾ ਦਿੱਤਾ।
[metaslider id="1075"] ਖੇਤੀ ਨੀਤੀ ਤੋਂ ਇਲਾਵਾ, ਮੁੱਖ ਮੰਤਰੀ ਨੇ ਹੋਰਨਾਂ ਅਹਿਮ ਮੰਗਾਂ 'ਤੇ ਵੀ ਗੱਲ ਕੀਤੀ। ਇਸ ਵਿੱਚ ਲੈਂਡ ਮਾਰਗੇਜ਼ ਬੈਂਕਾਂ ਅਤੇ ਕੋਆਪਰੇਟਿਵ ਬੈਂਕਾਂ ਦੇ ਕਰਜ਼ਿਆਂ ਦਾ ਯਕਮੁਸ਼ਤ ਨਿਪਟਾਰਾ (ਵਨ ਟਾਈਮ ਸੈਟਲਮੈਂਟ) ਕਰਨ ਅਤੇ ਖੇਤ ਮਜ਼ਦੂਰਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਕੇ ਕਰਜ਼ਾ ਦੇਣ ਦੇ ਰਾਹ ਵਿੱਚ ਅੜਿੱਕਿਆਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਗਿਆ।ਮੀਟਿੰਗ ਤੋਂ ਬਾਹਰ ਆਉਣ ਉਪਰੰਤ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਖੇਤ ਮਜ਼ਦੂਰ ਆਗੂ ਜ਼ੋਰਾ ਸਿੰਘ ਨਸਰਾਲੀ ਅਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਉਹ ਖੇਤੀ ਨੀਤੀ ਬਨਾਉਣ ਦੇ ਮਸਲੇ ਵਿੱਚ ਸਰਕਾਰ ਨਾਲ ਕੁਝ ਤਰੱਕੀ ਕਰਨ ਵਿੱਚ ਸਫਲ ਰਹੇ ਹਨ ਅਤੇ ਹੋਰ ਅਹਿਮ ਮੰਗਾਂ ਬਾਰੇ ਗੱਲਬਾਤ ਜਾਰੀ ਹੈ। ਉਹਨਾਂ ਨੇ ਚੰਡੀਗੜ੍ਹ ਦੇ 34 ਸੈਕਟਰ ਵਿੱਚ ਚੱਲ ਰਹੇ ਧਰਨੇ ਬਾਰੇ ਕਿਹਾ ਕਿ ਸਰਕਾਰ ਨਾਲ ਮੀਟਿੰਗ ਦੀ ਸਮੀਖਿਆ ਕਰਕੇ ਆਪਣੀਆਂ ਜਥੇਬੰਦੀਆਂ ਦੀਆਂ ਮੀਟਿੰਗਾਂ ਵਿੱਚ ਵਿਚਾਰ ਕਰਨ ਤੋਂ ਬਾਅਦ ਕੱਲ੍ਹ, ਛੇ ਸਤੰਬਰ ਨੂੰ ਕੋਈ ਅਗਲਾ ਫੈਸਲਾ ਲਿਆ ਜਾਵੇਗਾ।
ਅੱਜ ਚੰਡੀਗੜ੍ਹ ਦੇ ਸੈਕਟਰ 34 ਵਿੱਚ ਚੱਲ ਰਹੇ ਧਰਨੇ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਔਰਤਾਂ ਵੱਲੋਂ ਭਾਰੀ ਭਰਕਮ ਸ਼ਮੂਲੀਅਤ ਕੀਤੀ ਗਈ। ਕਿਸਾਨ ਮਜ਼ਦੂਰ ਆਗੂਆਂ ਨੇ ਸੰਗਰੂਰ ਵਿੱਚ ਕੰਮਪਿਊਟਰ ਅਧਿਆਪਕਾਂ ਉਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕੀਤੀ।